Wednesday, 16 August 2017

ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਲੁਧਿਆਣਾ 'ਚ ਲਹਿਰਾਇਆ ਤਿਰੰਗਾ

ਲੁਧਿਆਣਾ ਵਿਖੇ ਜ਼ਿਲਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਪਰੇਡ ਦੀ ਸਲਾਮੀ ਲੈਂਦੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ
ਲੁਧਿਆਣਾ ਵਿਖੇ ਜ਼ਿਲਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਪਰੇਡ ਦੀ ਸਲਾਮੀ ਲੈਂਦੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ
ਲੁਧਿਆਣਾ, 15 ਅਗਸਤ 2017 (ਮਨੀਸ਼ਾ ਸ਼ਰਮਾ): ਲੁਧਿਆਣਾ ਵਿਖੇ ਜ਼ਿਲਾ ਪੱਧਰੀ ਆਜ਼ਾਦੀ ਦਿਵਸ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਬੜੇ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਅਦਾ ਕੀਤੀ ਗਈ।

ਜ਼ਿਲਾ ਵਾਸੀਆਂ ਦੇ ਨਾਂਅ ਆਪਣਾ ਸੰਦੇਸ਼ ਦਿੰਦਿਆਂ ਬ੍ਰਹਮ ਮਹਿੰਦਰਾ ਨੇ ਜ਼ਿਲਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਨੂੰ ਦੇਸ਼ ਦਾ ਸਰਬੋਤਮ ਸੂਬਾ ਬਣਾਉਣ ਲਈ ਅੱਗੇ ਆਉਣ। ਉਨਾਂ ਕਿਹਾ ਕਿ ਇਸ ਮਹਾਨ ਦਿਨ 'ਤੇ ਆਪਸੀ ਭਾਈਚਾਰਾ, ਫਿਰਕੂ ਸਦਭਾਵਨਾ ਅਤੇ ਅਮਨ ਤੇ ਸ਼ਾਂਤੀ ਬਣਾਈ ਰੱਖਿਆ ਜਾਵੇ ਅਤੇ ਦੇਸ਼ ਭਗਤਾਂ ਵੱਲੋਂ ਆਜ਼ਾਦੀ ਦੀ ਪ੍ਰਾਪਤੀ ਅਤੇ ਬਹਾਲੀ ਲਈ ਪਾਏ ਪੂਰਨਿਆਂ 'ਤੇ ਚਲਦੇ ਹੋਏ ਆਪਣੇ ਫਰਜ਼ਾਂ ਪ੍ਰਤੀ ਸੁਚੇਤ ਹੁੰਦੇ ਹੋਏ ਦੇਸ਼ ਦੀ ਖੁਸ਼ਹਾਲੀ ਲਈ ਆਪਣਾ ਯੋਗਦਾਨ ਪਾਈਏ। ਉਨਾਂ ਕਿਹਾ ਕਿ ਆਜ਼ਾਦੀ ਦੇ ਪਰਵਾਨਿਆਂ ਵੱਲੋਂ ਸਮੇਂ-ਸਮੇਂ 'ਤੇ ਆਰੰਭੇ ਗਏ ਆਜ਼ਾਦੀ ਸੰਘਰਸ਼ਾਂ ਸਦਕਾ ਹੀ 15 ਅਗਸਤ 1947 ਨੂੰ ਸਾਡਾ ਦੇਸ਼ ਆਜ਼ਾਦ ਹੋਇਆ ਅਤੇ ਅਸੀਂ ਆਜ਼ਾਦ ਫਿਜ਼ਾ ਵਿਚ ਜ਼ਿੰਦਗੀ ਬਸਰ ਕਰ ਰਹੇ ਹਾਂ।

ਉਨਾਂ ਕਿਹਾ ਕਿ ਦੇਸ਼ ਦੇ ਮਹਾਨ ਆਗੂਆਂ ਦੇ ਸੁਪਨੇ ਸਾਕਾਰ ਕਰਨ ਲਈ ਸਾਂਝੇ ਹੰਭਲੇ ਦੀ ਲੋੜ ਹੈ ਅਤੇ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਲਗਾਤਾਰ ਯਤਨ ਸ਼ੁਰੂ ਕੀਤੇ ਜਾ ਚੁੱਕੇ ਹਨ, ਜਿਸ ਸਦਕਾ ਪੰਜਾਬ ਜਲਦ ਹੀ ਵਿਕਾਸ ਦੀਆਂ ਲੀਹਾਂ 'ਤੇ ਦੌੜੇਗਾ। ਇਸ ਮੌਕੇ ਉਨਾਂ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਸ਼ੁਰੂ ਕੀਤੇ ਗਏ ਕੰਮਾਂ ਦਾ ਵੇਰਵਾ ਪੇਸ਼ ਕਰਦਿਆਂ ਕਾਮਨਾ ਕੀਤੀ ਕਿ ਲੋਕਾਂ ਦੇ ਸਹਿਯੋਗ ਨਾਲ ਸੂਬਾ ਜਲਦ ਹੀ ਆਰਥਿਕ ਤੌਰ 'ਤੇ ਆਪਣੇ ਪੈਰਾਂ ਸਿਰ ਹੋ ਜਾਵੇਗਾ।

ਉਨਾਂ ਕਿਹਾ ਕਿ ਇਸ ਵਾਰ ਦਾ ਆਜ਼ਾਦੀ ਦਿਹਾੜਾ ਸਮਾਗਮ 'ਭਾਰਤ ਛੱਡੋ ਅੰਦੋਲਨ' ਦੀ 75ਵੀਂ ਵਰੇਗੰਡ ਨੂੰ ਸਮਰਪਿਤ ਹੈ ਅਤੇ ਇਸ ਨੂੰ 'ਨਵ-ਭਾਰਤ ਸੰਕਲਪ ਪੁਰਵ' ਵਜੋਂ ਮਨਾਇਆ ਜਾ ਰਿਹਾ ਹੈ। ਅੱਜ ਦੇ ਦਿਨ ਵਿਦਿਆਰਥੀਆਂ, ਨੌਜਵਾਨਾਂ, ਸੈੱਲਫ਼ ਹੈਲਪ ਗਰੁੱਪਾਂ, ਵੱਖ-ਵੱਖ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਅਤੇ ਸਾਰੇ ਭਾਰਤੀ ਨਾਗਰਿਕਾਂ ਨੂੰ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਉਹ ਦੇਸ਼ ਅਤੇ ਸਮਾਜ ਦੇ ਛੇ ਦੁਸ਼ਮਣਾਂ (ਗੰਦਗੀ, ਗਰੀਬੀ, ਭ੍ਰਿਸ਼ਟਾਚਾਰ, ਅੱਤਵਾਦ, ਜਾਤੀਵਾਦ ਅਤੇ ਨਸਲਵਾਦ) ਨੂੰ ਖ਼ਤਮ ਕਰਕੇ ਇੱਕ ਨਵੇਂ ਭਾਰਤ ਦਾ ਨਿਰਮਾਣ ਕਰਨਗੇ।

ਉਨਾਂ ਕਿਹਾ ਕਿ ਇਸ ਤੋਂ ਇਲਾਵਾ 15 ਅਗਸਤ ਤੋਂ ਲੈ ਕੇ 30 ਅਕਤੂਬਰ 2017 ਤੱਕ 'ਗਰਾਮ ਉਦੇ ਸੇ ਭਾਰਤ ਉਦੇ ਅਭਿਆਨ' ਵੀ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਅਭਿਆਨ ਤਹਿਤ ਜਿੱਥੇ ਗਰਾਮ ਪੱਧਰ 'ਤੇ ਤਿਰੰਗਾ ਝੰਡਾ ਲਹਿਰਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪਿੰਡ ਪੱਧਰੀ ਇਨਾਂ ਸਮਾਗਮਾਂ ਦੌਰਾਨ ਸਮਾਜਿਕ ਨਿਆਂ ਅਤੇ ਏਕਤਾ ਨੂੰ ਦਰਸਾਉਂਦੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜਿਨਾਂ ਵਿੱਚ ਦੇਸ਼ ਦੀ ਆਜ਼ਾਦੀ ਲਈ ਲੜੇ ਗਏ ਘੋਲ ਅਤੇ ਆਜ਼ਾਦੀ ਪ੍ਰਵਾਨਿਆਂ ਦੇ ਜੀਵਨ ਫਲਸਫੇ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਇਸ ਡੇਢ ਮਹੀਨੇ ਦੇ ਸਮੇਂ ਦੌਰਾਨ ਦਿਹਾਤੀ ਲੋਕਾਂ ਨਾਲ ਜੁੜੇ ਹੋਰ ਕਈ ਮੁੱਦੇ ਵੀ ਵਿਚਾਰੇ ਜਾਣਗੇ।

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਮਹਿੰਦਰਾ ਵੱਲੋਂ ਜਿੱਥੇ ਪੀ. ਟੀ. ਸ਼ੋਅ, ਲੇਜ਼ੀਅਮ ਅਤੇ ਸੱਭਿਆਚਾਰਕ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਸਾਰੇ ਗਰੁੱਪਾਂ ਨੂੰ 10 ਲੱਖ ਰੁਪਏ ਦੀ ਰਾਸ਼ੀ ਦਾ ਐਲਾਨ ਕੀਤਾ ਗਿਆ, ਉਥੇ ਉਨਾਂ ਸਾਰੇ ਸਕੂਲਾਂ ਲਈ 16 ਅਗਸਤ ਦੀ ਛੁੱਟੀ ਦਾ ਵੀ ਐਲਾਨ ਕੀਤਾ। ਪਰੇਡ ਦੇ ਨਿਰੀਖਣ ਦੌਰਾਨ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਲੁਧਿਆਣਾ ਆਰ. ਐੱਨ. ਢੋਕੇ ਵੀ ਉਨਾਂ ਦੇ ਨਾਲ ਸਨ। ਇਸ ਮੌਕੇ ਉਨਾਂ ਪੰਜਾਬ ਵਿੱਚ ਅੰਗਦਾਨ ਨੂੰ ਉਤਸ਼ਾਹਿਤ ਕਰਨ ਲਈ ਡੋਨਰ ਕਾਰਡ ਵੀ ਜਾਰੀ ਕੀਤਾ, ਜੋ ਕਿ ਗੈਰ ਸਰਕਾਰੀ ਸੰਸਥਾ 'ਗਲੋਡਸ' ਦੇ ਪ੍ਰ੍ਰਧਾਨ ਡਾ. ਬਲਦੇਵ ਸਿੰਘ ਔਲਖ਼ ਅਤੇ ਸਾਬਕਾ ਵਧੀਕ ਐਡਵੋਕੇਟ ਜਨਰਲ ਪੰਜਾਬ ਹਰਪ੍ਰੀਤ ਸੰਧੂ ਵੱਲੋਂ ਤਿਆਰ ਕਰਵਾਇਆ ਗਿਆ ਹੈ।

ਸਮਾਰੋਹ ਦੌਰਾਨ ਬ੍ਰਹਮ ਮਹਿੰਦਰਾ ਵੱਲੋਂ ਆਜ਼ਾਦੀ ਘੁਲਾਟੀਆਂ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ ਵਿਚ ਵਿਲੱਖਣ ਪ੍ਰਾਪਤੀ ਕਰਨ ਬਦਲੇ 15 ਵਿਅਕਤੀਆਂ ਨੂੰ ਪ੍ਰਸ਼ੰਸ਼ਾ ਪੱਤਰ ਵੀ ਵੰਡੇ ਗਏ। ਉਨਾਂ ਨੇ ਅੰਗਹੀਣ ਵਿਅਕਤੀਆਂ ਨੂੰ ਟਰਾਈ ਸਾਈਕਲਾਂ ਅਤੇ ਵਿਧਵਾ ਔਰਤਾਂ ਨੂੰ ਸਿਲਾਈ ਮਸ਼ੀਨਾਂ ਦੀ ਵੀ ਵੰਡ ਕੀਤੀ। ਇਸ ਮੌਕੇ ਪਰੇਡ ਕਮਾਂਡਰ ਰੁਪਿੰਦਰ ਕੌਰ ਭੱਟੀ ਪੀ. ਪੀ. ਐੱਸ. ਦੀ ਅਗਵਾਈ ਹੇਠ ਅਨੁਸ਼ਾਸ਼ਿਤ ਫੋਰਸ ਦੇ ਜਵਾਨ ਜਿਨਾਂ ਵਿਚ ਪੰਜਾਬ ਪੁਲਿਸ, ਹੋਮ ਗਾਰਡਜ਼, ਟਰੈਫਿਕ ਪੁਲਿਸ, ਐਨ.ਸੀ.ਸੀ., ਏਅਰ ਵਿੰਗ, ਸਕਾਊਟਸ ਤੇ ਗਾਈਡਜ਼ ਦੀਆਂ ਟੁਕੜੀਆਂ ਸ਼ਾਮਿਲ ਸਨ, ਨੇ ਮਾਰਚ ਪਾਸਟ ਕੀਤਾ ਅਤੇ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ।

ਇਸ ਮੌਕੇ ਬ੍ਰਹਮ ਮਹਿੰਦਰਾ ਦੇ ਸੁਪਤਨੀ ਹਰਪ੍ਰੀਤ ਮਹਿੰਦਰਾ, ਭਾਰਤ ਭੂਸ਼ਣ ਆਸ਼ੂ, ਸੁਰਿੰਦਰ ਡਾਬਰ, ਸੰਜੇ ਤਲਵਾੜ, ਕੁਲਦੀਪ ਸਿੰਘ ਵੈਦ (ਚਾਰੇ ਵਿਧਾਇਕ), ਵਿਮਲ ਸੁੰਬਲੀ ਪ੍ਰੈੱਸ ਸਕੱਤਰ ਮੁੱਖ ਮੰਤਰੀ ਪੰਜਾਬ, ਜ਼ਿਲਾ ਤੇ ਸ਼ੈਸ਼ਨ ਜੱਜ ਗੁਰਬੀਰ ਸਿੰਘ, ਮੇਅਰ ਹਰਚਰਨ ਸਿੰਘ ਗੋਹਲਵੜੀਆ, ਨਗਰ ਨਿਗਮ ਕਮਿਸ਼ਨਰ ਜਸਕਿਰਨ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਧਿਰੁਮਨ ਨਿੰਬਲੇ, ਵਧੀਕ ਡਿਪਟੀ ਕਮਿਸ਼ਨਰ (ਜ) ਇਕਬਾਲ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਵ) ਸੁਰਭੀ ਮਲਿਕ, ਸਾਬਕਾ ਵਿਧਾਇਕ ਜਸਬੀਰ ਸਿੰਘ ਖੰਗੂੜਾ, ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਟਿੱਕਾ ਅਤੇ ਪਵਨ ਦੀਵਾਨ, ਮੇਜਰ ਸਿੰਘ ਭੈਣੀ, ਕੁਲਵੰਤ ਸਿੰਘ ਸਿੱਧੂ ਤੋਂ ਇਲਾਵਾ ਹੋਰ ਵੀ ਸਖ਼ਸ਼ੀਅਤਾਂ ਹਾਜ਼ਰ ਸਨ।
Share This Article with your Friends

0 comments: